
ਰੱਖਿਆ ਸੇਵਾਵਾਂ ਭਲਾਈ ਮੰਤਰੀ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਚੰਡੀਗੜ੍ਹ, 5 ਫਰਵਰੀ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਅਧਿਕਾਰੀਆ ਨਾਲ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ ।
ਮੀਟਿੰਗ ਦੌਰਾਨ ਮੰਤਰੀ ਮੋਹਿੰਦਰ ਭਗਤ ਨੇ ਇਹਨਾਂ ਦੋਵੇਂ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸਰਿਤਾਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਨੂੰ ਪ੍ਰਭਾਸ਼ਾਲੀ ਢੰਗ ਲਾਗੂ ਕਰਨ ਲਈ ਨਿਰਦੇਸ਼ ਦਿੱਤੇ । ਮੰਤਰੀ ਨੇ ਵਿਭਾਗ ਅਧੀਨ ਆਉਂਦੇ ਸੈਨਿਕ ਰੈਸਟ ਹਾਊਸਾਂ ਦੀ ਵੀ ਰਿਪੋਰਟ ਲਈ ਅਤੇ ਉਹਨਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਚਾਲੂ ਵਿੱਤੀ ਸਾਲ ਦੋਰਾਨ ਸਰਕਾਰ ਵੱਲੋਂ ਅਲਾਟ ਕੀਤੇ ਗਏ ਬਜਟ ਅਤੇ ਅਗਲੇ ਵਿੱਤੀ ਸਾਲ 2025-26 ਦੇ ਬਜ਼ਟ ਬਾਰੇ ਵੀ ਚਰਚਾ ਕੀਤੀ ਗਈ ਤਾਂ ਜੋ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਲਈ ਲੋੜੀਂਦਾ ਬਜਟ ਉਪਲੱਬਧ ਕਰਵਾਇਆ ਜਾ ਸਕੇ।
ਮੰਤਰੀ ਮੋਹਿੰਦਰ ਭਗਤ ਨੇ ਕਿਹਾ ਸਰਕਾਰ ਦਾ ਮੁੱਖ ਟੀਚਾ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਕੀਤੀ ਜਾਵੇ ਤਾਂ ਜੋ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂ-ਬੱਧ ਤਰੀਕੇ ਨਾਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਕੀਤੇ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵੱਲੋਂ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਦੀਆਂ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਜਾਣ।